THREE BAN ORDER – ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ ਤੇ ਲਗਾਈ ਪਾਬੰਦੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ:-

ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਏਰੀਏ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਇਨ੍ਹਾਂ ਗਤੀਵਿਧੀਆਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸਾ ਬਣਿਆਂ ਰਹਿੰਦਾ ਹੈ ਆਮ ਲੋਕਾਂ ਦੀ ਪਿੰਡਾਂ ਅਤੇ ਕਸਬਿਆਂ/ਸ਼ਹਿਰੀ ਇਲਾਕੇ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਪਾਬੰਦੀਆਂ ਜਰੂਰੀ ਹੋ ਜਾਂਦੀਆਂ ਹਨ। ਇਹ ਹੁਕਮ 16 ਜੂਨ, 2026 ਤੱਕ ਲਾਗੂ ਰਹਿਣਗੇ। ਭਾਰਤ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹਥਿਆਰ ਚੁੱਕਣ ਤੇ ਪਾਬੰਦੀ ਲਾਗੂ ਨਹੀਂ ਹੋਵੇਗੀ।

ਜ਼ਿਲ੍ਹੇ ਅੰਦਰ ਟਰੈਕਟਰਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਕਰਨ ’ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ

ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਆਯੋਜਿਤ ਕਰਨ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਬਿਨਾਂ ਮਨਜੂਰੀ ਤੋਂ ਖ਼ਤਰਨਾਕ/ਪ੍ਰਦਰਸ਼ਨ ਸਟੰਟ ਆਯੋਜਿਤ ਨਾ ਕੀਤੇ ਜਾ ਸਕਣ।

ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ 'ਤੇ ਪਾਬੰਦੀ ਬਹੁਤ ਜ਼ਰੂਰੀ ਹੈ। ਇਹ ਹੁਕਮ 16 ਜੂਨ 2026 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਏਰੀਆ ਐਲਾਨਿਆ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ

ਜ਼ਿਲ੍ਹਾ ਮੈਜਿਸਟਰੇਟ, ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੈਸ ਸਟੇਸ਼ਨ ਪਿੰਡ ਮੀਰਪੁਰ, ਤਹਿਸੀਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਫੋਟੋਗ੍ਰਾਫੀ ਲਈ ਵਰਜਿਤ ਸਥਾਨ ਘੋਸਿ਼ਤ ਕੀਤਾ ਹੈ। ਸੀਨੀਅਰ ਮੈਨੇਜਰ, ਗੇਲ ਇੰਡੀਆ ਲਿਮ:, ਗੇਲ ਭਵਨ, 16 ਬਿਕਾਜੀ ਕਾਮਾ ਪਲੇਸ ਨਵੀਂ ਦਿੱਲੀ ਦੇ ਬਿਨੈ ਪੱਤਰ ਨੂੰ ਮੁੱਖ ਰੱਖਦੇ ਹੋਏ ਪਿੰਡ ਮੀਰਪੁਰ ਵਿਖੇ ਸਥਾਪਿਤ ਗੈਸ ਸਟੇਸ਼ਨ ਦੀ ਸੁਰੱਖਿਆ ਨੂੰ ਵੇਖਦੇ ਹੋਏ ਪਿੰਡ ਮੀਰਪੁਰ ਦੇ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਸਥਾਨ ਐਲਾਨਿਆ ਗਿਆ ਹੈ। ਮਨਾਹੀ ਦੇ ਇਹ ਹੁਕਮ 16 ਜੂਨ 2026 ਤੱਕ ਲਾਗੂ ਰਹਿਣਗੇ।

——————————
This news is auto published from an agency/source and may be published as received.

Leave a Reply

Your email address will not be published. Required fields are marked *